ਜਗਤਾਰ ਸਿੰਘ ਹਵਾਰਾ ਵੱਲੋਂ ਕਿਸਾਨ ਆਗੂਆਂ ਨੂੰ ਕੌਮੀ ਇਨਸਾਫ਼ ਮੋਰਚੇ ਨਾਲ ਖੜਨ ਦੀ ਅਪੀਲ

ਜਗਤਾਰ ਸਿੰਘ ਹਵਾਰਾ ਵੱਲੋਂ ਕਿਸਾਨ ਆਗੂਆਂ ਨੂੰ ਕੌਮੀ ਇਨਸਾਫ਼ ਮੋਰਚੇ ਨਾਲ ਖੜਨ ਦੀ ਅਪੀਲ

ਸਾਲ ਦੀ ਸ਼ੁਰੂਆਤ 'ਚ 7 ਜਨਵਰੀ ਤੋਂ ਚੰਡੀਗੜ੍ਹ ਮੋਹਾਲੀ ਬਾਰਡਰ ਉੱਤੇ ਕੌਮੀ ਇਨਸਾਫ਼ ਮੋਰਚਾ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਜੁੜੀਆਂ 3 ਹੱਕੀ ਮੰਗਾਂ ਨੂੰ ਲੈਕੇ ਲਗਾਤਾਰ ਸੰਘਰਸ਼ ਚਲ ਰਿਹਾ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਣ ਤੇ ਸਖਤ ਸਜ਼ਾਵਾਂ ਲਈ ਕਾਨੂੰਨ ਬਣਾਉਣ ਦੀ, ਕੋਟਕਪੁਰਾ ਗੋਲੀ ਕਾਂਡ ਵਿੱਚ ਕਤਲ ਦੇ ਮਾਮਲੇ ਵਿੱਚ ਸ਼ਾਮਿਲ ਪੁਲਿਸ ਅਤੇ ਰਾਜਨੀਤਕਾਂ ਨੂੰ ਕੇਸ ਵਿੱਚ ਨਾਮਜ਼ਦ ਕਰਨ ਅਤੇ 28 ਸਾਲਾਂ ਤੋਂ ਵਧੇਰੇ ਸਜਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਮੁੱਖ ਮਸਲੇ ਹਨ। 

ਦਿੱਲੀ ਜੇਲ੍ਹ ਵਿੱਚ ਨਜ਼ਰਬੰਦ ਜਗਤਾਰ ਸਿੰਘ ਹਵਾਰਾ ਲਗਾਤਾਰ ਇਸ ਮੋਰਚੇ ਨੂੰ ਸਲਾਹ, ਆਦੇਸ਼ ਅਤੇ ਸੰਗਤਾਂ ਨੂੰ ਆਪਣੇ ਮੁਲਾਕਾਤੀ ਅਤੇ ਵਕੀਲਾਂ ਜ਼ਰੀਏ ਬੇਨਤੀਆਂ ਕਰਦੇ ਰਹੇ ਹਨ। ਕੌਮੀ ਇਨਸਾਫ਼ ਮੋਰਚੇ ਵੱਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ 25 ਜੁਲਾਈ ਨੂੰ 15 ਅਗਸਤ ਨੂੰ ਇਨ੍ਹਾਂ ਮਸਲਿਆਂ ਉੱਤੇ ਅਤੇ ਸਿੱਖਾਂ ਨਾਲ ਹੋ ਰਹੀਆਂ ਹੋਰ ਵਧੀਕੀਆਂ ਕਰਕੇ ਆਜ਼ਾਦੀ ਦਿਹਾੜੇ ਵਾਲੇ ਦਿਨ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।