MP Amritpal Singh: ਪੰਜਾਬ ਪੁਲਿਸ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪੱਪਲਪ੍ਰੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲੈ ਕੇ ਆਈ ਹੈ। ਪੱਪਲਪ੍ਰੀਤ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ। ਹੁਣ ਉਸ ਤੋਂ NSA ਹਟਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈ ਆਈ।
ਅੰਮ੍ਰਿਤਸਰ ਹਵਾਈ ਅੱਡੇ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੱਪਲਪ੍ਰੀਤ ਨੂੰ ਹਵਾਈ ਅੱਡੇ ਤੋਂ ਸਿੱਧਾ ਇੱਕ ਬਖਤਰਬੰਦ ਪੁਲਿਸ ਗੱਡੀ ਵਿੱਚ ਪੁਲਿਸ ਸਟੇਸ਼ਨ ਲਿਜਾਇਆ ਗਿਆ। ਉਸ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੀ ਅਜਨਾਲਾ ਪੁਲਿਸ ਟੀਮ ਪੱਪਲਪ੍ਰੀਤ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਗਈ ਸੀ। ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਨੇ ਪੱਪਲਪ੍ਰੀਤ ਨੂੰ ਅਜਨਾਲਾ ਥਾਣੇ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਹੈ। ਪੱਪਲਪ੍ਰੀਤ ਨੂੰ ਸ਼ਨੀਵਾਰ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਜਦੋਂ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ ਤਾਂ ਪੱਪਲਪ੍ਰੀਤ ਸਿੰਘ ਹੀ ਉਨ੍ਹਾਂ ਦੀ ਗ੍ਰਿਫਤਾਰੀ ਤੱਕ ਉਨ੍ਹਾਂ ਦੇ ਨਾਲ ਸੀ। ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਵੱਖ-ਵੱਖ ਸ਼ਹਿਰਾਂ ਰਾਹੀਂ ਨੇਪਾਲ ਵੱਲ ਨਿਕਲ ਰਿਹਾ ਸੀ। ਇਸ ਸਬੰਧ ਵਿੱਚ ਉਨ੍ਹਾਂ ਦੀਆਂ ਕਈ ਫੋਟੋਆਂ ਤੇ ਵੀਡੀਓ ਵੀ ਜਾਰੀ ਕੀਤੀਆਂ ਗਈਆਂ ਸਨ।